ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਮੰਗਲਵਾਰ ਸ਼ਾਮ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਉਸ ਨੂੰ ਪੰਜ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ।ਭੁੱਲਰ ਦੇ ਸਮਰਥਕਾਂ ਨੇ ਉਸ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਅਦਾਲਤ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਪੁਲੀਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਅੰਮ੍ਰਿਤਸਰ ਪੁਲੀਸ ਨੇ ਭੁੱਲਰ ਦੇ ਸੱਤ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਭੁੱਲਰ ਨੂੰ ਪੰਜ ਦਿਨਾਂ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।ਇਸ ਦੌਰਾਨ ਕਾਰਜਕਾਰੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਸਿਵਲ ਹਸਪਤਾਲ ਵਿੱਚ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਗਿਆ। ਇਹ ਪ੍ਰਕਿਰਿਆ ਲਗਭਗ ਸਾਢੇ ਚਾਰ ਘੰਟੇ ਤੱਕ ਚੱਲੀ ਅਤੇ ਅਧਿਕਾਰਤ ਪ੍ਰੋਟੋਕੋਲ ਦੇ ਹਿੱਸੇ ਵਜੋਂ ਪੂਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ। ਪੋਸਟਮਾਰਟਮ ਤੋਂ ਬਾਅਦ ਸਥਾਨਕ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਮ੍ਰਿਤਕ ਦੇ ਭਰਾ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਅਜੇ ਵੀ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਦੀ ਮੰਗ ਕਰ ਰਹੇ ਹਨ। ਵਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ਭਰੋਸਾ ਦਿੱਤਾ ਸੀ ਕਿ ਸੀਬੀਆਈ ਜਾਂਚ ਕਰਵਾਈ ਜਾਵੇਗੀ ਅਤੇ ਮਾਮਲੇ ਦੀ ਜਲਦੀ ਤੋਂ ਜਲਦੀ ਜਾਂਚ ਕੇਂਦਰੀ ਏਜੰਸੀ ਨੂੰ ਸੌਂਪਣ ਦੀ ਅਪੀਲ ਕੀਤੀ ਹੈ।


