ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹਦਾਇਤਾਂ ਦਾ ਪ੍ਰਚਾਰ ਕਰਨ ਲਈ ਲਾਏ ਗਏ ਕਈ ਫਲੈਕਸ ਬੋਰਡ ਕਥਿਤ ਤੌਰ ’ਤੇ ਵੱਖ-ਵੱਖ ਥਾਵਾਂ ’ਤੇ ਪਾੜ ਦਿੱਤੇ ਗਏ ਹਨ।ਐਸਜੀਪੀਸੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੋਸ਼ ਲਾਇਆ ਕਿ ਅਣਪਛਾਤੇ ਵਿਅਕਤੀਆਂ ਨੇ ਰਾਤ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਦੇਸ਼ ਵਾਲੇ ਕਈ ਫਲੈਕਸ ਬੋਰਡਾਂ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਮਜੀਠਾ ਅਤੇ ਫਤਹਿਗੜ੍ਹ ਸਾਹਿਬ ਤੋਂ ਬੋਰਡਾਂ ਨੂੰ ਪਾੜਨ ਦੀਆਂ ਰਿਪੋਰਟਾਂ ਮਿਲੀਆਂ ਹਨ। ਸਿਆਲਕਾ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਬੰਧਤ ਥਾਣਿਆਂ ਵਿੱਚ ਸ਼ਿਕਾਇਤ ਦਰਜ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਗੁਰਦੁਆਰਿਆਂ ਦੇ ਪ੍ਰਬੰਧਕ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਲਈ ਰਸਮੀ ਸ਼ਿਕਾਇਤਾਂ ਵੀ ਦੇਣਗੇ। ਇਸ ਘਟਨਾ ਦੀ ਨਿੰਦਾ ਕਰਦਿਆਂ ਸਿਆਲਕਾ ਨੇ ਫਲੈਕਸ ਬੋਰਡਾਂ ਨੂੰ ਹਟਾਉਣ ਅਤੇ ਨੁਕਸਾਨ ਪਹੁੰਚਾਉਣ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਇਤਰਾਜ਼ਯੋਗ ਕਾਰਵਾਈ ਕਰਾਰ ਦਿੱਤਾ। ਪ੍ਰਮੁੱਖ ਥਾਵਾਂ ‘ਤੇ ਫਲੈਕਸ ਬੋਰਡ। ਇਸ ਨਿਰਦੇਸ਼ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਦੀ ਦੇਖ-ਰੇਖ ਹੇਠ ਅੰਮ੍ਰਿਤਸਰ ਅਤੇ ਹੋਰ ਕਈ ਹਲਕਿਆਂ ਵਿੱਚ ਅਜਿਹੇ ਬੋਰਡ ਲਗਾਏ ਗਏ ਸਨ। ਸ਼੍ਰੋਮਣੀ ਕਮੇਟੀ ਦੀ ਮੁਹਿੰਮ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ਨੂੰ ਉਜਾਗਰ ਕਰਨ ਲਈ ਵੱਖ-ਵੱਖ ਸ਼ਹਿਰਾਂ ਵਿੱਚ ਵੱਖ-ਵੱਖ ਥਾਵਾਂ ’ਤੇ ਅਜਿਹੇ ਪੋਸਟਰ ਲਗਾਏ ਸਨ।


