ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਠੇਕਾ ਮੁਲਾਜ਼ਮ ਯੂਨੀਅਨ ਦੇ ਵਫ਼ਦ ਦੇ ਦੂਜੇ ਦੌਰ ਦੀ ਗੱਲਬਾਤ ਦੌਰਾਨ ਸਮਝੌਤਾ ਹੋਣ ਮਗਰੋਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਦੂਜੇ ਦਿਨ ਵੀ ਮੁਸਾਫ਼ਰਾਂ ਨੂੰ ਵੱਡੀ ਰਾਹਤ ਦਿੰਦਿਆਂ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਡਰਾਈਵਰ ਕੰਮ ‘ਤੇ ਪਰਤ ਰਹੇ ਹਨ ਅਤੇ ਸ਼ੁੱਕਰਵਾਰ ਸਵੇਰ ਤੋਂ ਫਲੀਟ ਪੂਰੀ ਤਰ੍ਹਾਂ ਚਾਲੂ ਹੋ ਜਾਵੇਗੀ।ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਕਿਰਤ ਕਾਨੂੰਨਾਂ ਵਿਰੁੱਧ ਕਿਸਾਨਾਂ, ਟਰੇਡ ਯੂਨੀਅਨਾਂ ਅਤੇ ਬੈਂਕ ਯੂਨੀਅਨਾਂ ਵੱਲੋਂ ਦਿੱਤੇ ‘ਭਾਰਤ ਬੰਦ’ ਦੇ ਸੱਦੇ ਦੇ ਨਾਲ-ਨਾਲ ਹੜਤਾਲ ਕਾਰਨ ਸੂਬੇ ਭਰ ਦੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਕੇਸ਼ ਵਿੱਕੀ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਨਵੰਬਰ ਵਿੱਚ ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਨੂੰ ਬਹਾਲ ਕਰਨ ਲਈ ਸਹਿਮਤੀ ਦੇਣ ਮਗਰੋਂ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਸੰਬਰ ਵਿੱਚ ਗ੍ਰਿਫਤਾਰ ਕੀਤੇ ਗਏ 10 ਮੁਲਾਜ਼ਮਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕਰ ਦਿੱਤਾ ਜਾਵੇਗਾ। ਪੰਜਾਬ ਭਰ ਦੇ 27 ਡਿਪੂਆਂ ਦੇ ਲਗਭਗ 8,000 ਕਰਮਚਾਰੀਆਂ ਨੇ ਹੜਤਾਲ ਵਿੱਚ ਹਿੱਸਾ ਲਿਆ ਅਤੇ ਡਿਊਟੀ ਤੋਂ ਦੂਰ ਰਹਿਣ ਕਾਰਨ ਯਾਤਰੀ ਟਰਾਂਸਪੋਰਟ ਸੇਵਾਵਾਂ ਲਗਾਤਾਰ ਦੂਜੇ ਦਿਨ ਵੀ ਠੱਪ ਰਹੀਆਂ। ਇਸ ਦੌਰਾਨ, ‘ਭਾਰਤ ਬੰਦ’ ਨੇ ਯਾਤਰੀਆਂ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਕੀਤਾ, ਜਿਸ ਨਾਲ ਪਟਿਆਲ ਅਤੇ ਆਸ-ਪਾਸ ਕਈ ਥਾਵਾਂ ‘ਤੇ ਸੜਕ ਜਾਮ ਅਤੇ ਧਰਨਿਆਂ ਨਾਲ ਰੋਜ਼ਾਨਾ ਆਵਾਜਾਈ ਵਿੱਚ ਵਿਘਨ ਪਿਆ।


