ਬੀਤੀ ਰਾਤ ਇੱਥੋਂ ਦੇ ਪਰਸ ਰਾਮ ਨਗਰ ਦੇ ਇੱਕ ਵਿਅਕਤੀ ਦੀ ਕਥਿਤ ਤੌਰ ’ਤੇ ‘ਚਿੱਟਾ’ ਦੀ ਓਵਰਡੋਜ਼ ਕਾਰਨ ਮੌਤ ਹੋ ਜਾਣ ਤੋਂ ਬਾਅਦ ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਨਸ਼ੇ ਆਸਾਨੀ ਨਾਲ ਉਪਲਬਧ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨੇ ਦੋ ਸਾਲ ਪਹਿਲਾਂ ਪੁਲੀਸ ਚੌਕੀ ਸਥਾਪਤ ਕਰਨ ਦਾ ਭਰੋਸਾ ਦਿੱਤਾ ਸੀ ਪਰ ਕੁਝ ਵੀ ਨਹੀਂ ਹੋਇਆ। ਇਸ ਦੌਰਾਨ ਪੁਲਿਸ ਨੇ ਮਾਮਲਾ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ 39 ਸਾਲਾ ਜਗਜੀਤ ਸਿੰਘ ਵਾਸੀ ਪਰਸ ਰਾਮ ਨਗਰ ਵਜੋਂ ਹੋਈ ਹੈ, ਜੋ ਦਿਹਾੜੀ ਦਾ ਕੰਮ ਕਰਦਾ ਸੀ। ਉਹ ਆਪਣੇ ਪਿੱਛੇ ਦੋ ਬੱਚੇ, ਇੱਕ 19 ਸਾਲ ਦੀ ਧੀ ਅਤੇ ਇੱਕ 11 ਸਾਲ ਦਾ ਪੁੱਤਰ ਛੱਡ ਗਿਆ ਹੈ। ਥਾਣਾ ਕੈਨਾਲ ਕਲੋਨੀ ਦੇ ਐਸਐਚਓ ਇੰਸਪੈਕਟਰ ਹਰਜੋਤ ਸਿੰਘ ਨੇ ਦੱਸਿਆ, “ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਬੀਐਨਐਸ ਦੀ ਧਾਰਾ 105 ਦੇ ਤਹਿਤ ਇੱਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।” ਜ਼ਿਲ੍ਹੇ ਵਿੱਚ ਇੱਕ ਹਫ਼ਤੇ ਅੰਦਰ ਨਸ਼ੇ ਨਾਲ ਇਹ ਦੂਜੀ ਸ਼ੱਕੀ ਮੌਤ ਬਣ ਗਈ ਹੈ, ਕਿਉਂਕਿ ਇਸ ਤੋਂ ਪਹਿਲਾਂ 21 ਅਪਰੈਲ ਨੂੰ ਰਾਮਾਂ ਮੰਡੀ ਵਿਖੇ ਕਥਿਤ ਤੌਰ ’ਤੇ ਚਿਟਾ ਖਾਣ ਨਾਲ 20 ਸਾਲਾ ਲੜਕੇ ਦੀ ਮੌਤ ਹੋ ਗਈ ਸੀ, ਜਿਸ ਸਬੰਧੀ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।


