ਰਾਜ ਵਿੱਚ ਵਾਹਨਾਂ ਲਈ ਪੈਟਰੋਲ ਅਤੇ ਡੀਜ਼ਲ ਅਤੇ ਘਰੇਲੂ ਵਰਤੋਂ ਲਈ ਰਸੋਈ ਗੈਸ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਜ਼ਿਲ੍ਹੇ ਵਿੱਚ ਗੈਸ ਏਜੰਸੀਆਂ, ਪੈਟਰੋਲ-ਡੀਜ਼ਲ ਡੀਲਰਾਂ ਅਤੇ ਤੇਲ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।ਮਹਿੰਦਰੋ ਨੇ ਕਿਹਾ ਕਿ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਹੈ।ਮਹਿੰਦਰੋ ਨੇ ਕਿਹਾ ਕਿ ਜੇਕਰ ਕੋਈ ਵੀ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਗੈਸ ਏਜੰਸੀਆਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪਿਛਲੇ ਤਿੰਨ ਚਾਰ ਦਿਨਾਂ ਤੋਂ ਆਨਲਾਈਨ ਬੁਕਿੰਗ ਲਈ ਵਰਤਿਆ ਜਾਣ ਵਾਲਾ ਸਰਵਰ ਸਹੀ ਢੰਗ ਨਾਲ ਕੰਮ ਨਹੀਂ ਕਰ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਬੁਕਿੰਗ ਕਰਵਾਉਣ ‘ਚ ਮੁਸ਼ਕਲ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ ਕਿ ਡਿਲੀਵਰੀ ਦੇ ਸਮੇਂ ਖਪਤਕਾਰਾਂ ਨੂੰ ਓਟੀਪੀ ਨਹੀਂ ਮਿਲ ਰਿਹਾ ਸੀ। ਮਹਿੰਦਰੂ ਨੇ ਕਿਹਾ ਕਿ ਇਹ ਮਾਮਲਾ ਉੱਚ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ ਅਤੇ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।


