ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਤਵਾਰ ਨੂੰ ਸੂਬੇ ਦੀ ‘ਆਪ’ ਸਰਕਾਰ ‘ਤੇ ਸੋਸ਼ਲ ਮੀਡੀਆ ਰਾਹੀਂ ਸਿੱਖ ਧਾਰਮਿਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਉਹ ਚੰਡੀਗੜ੍ਹ ਅਤੇ ਮੁਹਾਲੀ ਤੋਂ ਚੱਲ ਰਹੇ ਦੋ ਆਈਟੀ ਸੈਂਟਰਾਂ ਨੂੰ 10 ਦਿਨਾਂ ਦੇ ਅੰਦਰ ਬੰਦ ਕਰਨ ਵਿੱਚ ਅਸਫਲ ਰਹੀ ਤਾਂ ਕਾਰਵਾਈ ਕੀਤੀ ਜਾਵੇਗੀ। ‘ਆਪ’ ਦੇ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇਨ੍ਹਾਂ ਦੋਸ਼ਾਂ ‘ਤੇ ਪ੍ਰਤੀਕਿਰਿਆ ਮੰਗਣ ਲਈ ਕੀਤੀਆਂ ਕਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ। ਗੜਗੱਜ ਨੇ ਦੋਸ਼ ਲਾਇਆ ਕਿ ਸਿੱਖ ਸੰਸਥਾਵਾਂ ਵਿਰੁੱਧ ਬਿਆਨਬਾਜ਼ੀ ਕਰਨ ਲਈ ਦਿੱਲੀ ਤੋਂ ਲੋਕ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਤੇ ਮੋਹਾਲੀ ਤੋਂ ਚੱਲ ਰਹੇ ਦੋ ਆਈ.ਟੀ. ਸੈਂਟਰਾਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਬੰਦ ਕਰ ਦੇਣਾ ਚਾਹੀਦਾ ਹੈ।”ਜੇਕਰ ਇਹ ਗਤੀਵਿਧੀਆਂ ਜਾਰੀ ਰਹੀਆਂ ਤਾਂ ਖਾਲਸਾ ਪੰਥ ਕਾਰਵਾਈ ਕਰਨ ਲਈ ਮਜ਼ਬੂਰ ਹੋਵੇਗਾ।” ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕੱਤਰਤਾ ਪੰਜ ਮਹਾਂਪੁਰਖਾਂ ਵੱਲੋਂ ਲਏ ਗਏ ਫੈਸਲੇ ਪ੍ਰਤੀ ਭਾਈਚਾਰੇ ਦੇ ਸਮਰਥਨ ਨੂੰ ਦਰਸਾਉਂਦੀ ਹੈ।


