ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ, ਜਦਕਿ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਹੁਕਮਨਾਮਾ ਪੜ੍ਹਿਆ।ਗੁਰਦੁਆਰਾ ਸ਼ਹੀਦੀ ਅਸਥਾਨ ਲਾਹੌਰ ਦੇ ਨੌਲੱਖਾ ਬਾਜ਼ਾਰ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਅਸਥਾਨ ਹੈ। ਫਾਈਲ ਫੋਟੋ ਸੰਗਤਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਰਾਜਦੀਪ ਸਿੰਘ ਨੇ ਭਾਈ ਤਾਰੂ ਸਿੰਘ ਦੇ ਜੀਵਨ ਅਤੇ ਮਹਾਨ ਕੁਰਬਾਨੀ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਨੂੰ ਬਹਾਦਰੀ, ਅਡੋਲ ਵਿਸ਼ਵਾਸ ਅਤੇ ਸਿੱਖ ਸਿਧਾਂਤਾਂ ਪ੍ਰਤੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਨੇ ਜ਼ੁਲਮ ਅੱਗੇ ਝੁਕਣ ਦੀ ਬਜਾਏ ਸ਼ਹਾਦਤ ਨੂੰ ਗਲੇ ਲਗਾ ਕੇ ਸਿੱਖਾਂ ਦੀਆਂ ਪੀੜ੍ਹੀਆਂ ਲਈ ਸਦੀਵੀ ਮਿਸਾਲ ਛੱਡੀ। ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਿੱਖੀ ਜੀਵਨ ਜਾਚ ਪ੍ਰਤੀ ਵਚਨਬੱਧ ਰਹਿਣ, ਸਿੱਖੀ ਪਛਾਣ ਨੂੰ ਬਰਕਰਾਰ ਰੱਖਣ ਅਤੇ ਗੁਰੂ ਨਾਲ ਅਧਿਆਤਮਿਕ ਸਾਂਝ ਮਜ਼ਬੂਤ ਕਰਨ ਲਈ ਅੰਮ੍ਰਿਤਪਾਨ ਕਰਨ ਦੀ ਅਪੀਲ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਉਪ ਸਕੱਤਰ ਮਨਜੀਤ ਸਿੰਘ ਤਲਵੰਡੀ, ਸੁਖਬੀਰ ਸਿੰਘ ਤੇ ਸਤਨਾਮ ਸਿੰਘ ਰਿਆੜ, ਸੁਪਰਡੈਂਟ ਮਲੇਸ਼ੀਆ ਸਿੰਘ ਰਿਆੜ, ਮੈਨੇਜਰ ਸ੍ਰੀ ਦਰਬਾਰ ਸਾਹਿਬ ਨਿਹਾਲ ਸਿੰਘ ਸ. ਬਹਿੜਵਾਲ ਤੋਂ ਇਲਾਵਾ ਸੰਗਤਾਂ ਦਾ ਭਾਰੀ ਇਕੱਠ।


