ਮੋਗਾ ਜ਼ਿਲ੍ਹੇ ਦੇ ਪਿੰਡ ਘੱਲਕਲਾਂ ਨੇੜੇ ਐਤਵਾਰ ਸਵੇਰੇ ਪੁਲਿਸ ਮੁਕਾਬਲੇ ਦੌਰਾਨ ਪ੍ਰਵਾਸੀ ਮਜ਼ਦੂਰਾਂ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਇੱਕ ਸ਼ੱਕੀ ਜ਼ਖ਼ਮੀ ਹੋ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਇੱਕ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਇੱਕ ਟੀਮ ਨੇ ਮੋਟਰਸਾਈਕਲ ਸਵਾਰ ਦੋ ਸ਼ੱਕੀਆਂ ਅਕਾਸ਼ਦੀਪ ਸਿੰਘ ਅਤੇ ਜੋਬਨਪ੍ਰੀਤ ਸਿੰਘ ਨੂੰ ਟਰੇਸ ਕੀਤਾ। ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਭੱਜਣ ਲਈ ਕਥਿਤ ਤੌਰ ’ਤੇ ਗੋਲੀਆਂ ਚਲਾ ਦਿੱਤੀਆਂ।ਪੁਲਿਸ ਨੇ ਆਤਮ ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਵਿੱਚ ਇੱਕ ਸ਼ੱਕੀ ਜ਼ਖ਼ਮੀ ਹੋ ਗਿਆ। ਉਸ ਨੂੰ ਬਾਅਦ ਵਿੱਚ ਇਲਾਜ ਲਈ ਹਸਪਤਾਲ ਲਿਜਾਇਆ ਗਿਆ।ਪੁਲਿਸ ਨੇ ਦੋ ਪਿਸਤੌਲ ਅਤੇ ਸ਼ੱਕੀ ਵਿਅਕਤੀਆਂ ਵੱਲੋਂ ਵਰਤਿਆ ਮੋਟਰਸਾਈਕਲ ਬਰਾਮਦ ਕਰ ਲਿਆ ਅਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।ਇਹ ਮੁਕਾਬਲਾ 10 ਫਰਵਰੀ ਨੂੰ ਹੋਈ ਗੋਲੀਬਾਰੀ ਦੀ ਘਟਨਾ ਨਾਲ ਜੁੜਿਆ ਹੋਇਆ ਹੈ, ਜਦੋਂ ਸੱਤ ਤੋਂ ਅੱਠ ਪ੍ਰਵਾਸੀ ਮਜ਼ਦੂਰ ਜ਼ੀਰਾ ਰੋਡ ’ਤੇ ਇੱਕ ਰਾਈਸ ਸ਼ੈਲਰ ਵਿੱਚ ਕੰਮ ਖਤਮ ਕਰਕੇ ਆਪਣੇ ਕਿਰਾਏ ਦੇ ਕਮਰਿਆਂ ਵਿੱਚ ਪਰਤ ਰਹੇ ਸਨ। ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਨੇ ਕਥਿਤ ਤੌਰ ‘ਤੇ ਮਜ਼ਦੂਰਾਂ ‘ਤੇ ਗੋਲੀਆਂ ਚਲਾਈਆਂ, ਜਿਨ੍ਹਾਂ ‘ਚੋਂ ਦੋ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ, ਦੋ ਵਿਅਕਤੀਆਂ ਨੇ ਕਥਿਤ ਤੌਰ ‘ਤੇ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕੀਤੀ। ਵੀਡੀਓ ਵਿੱਚ, ਉਨ੍ਹਾਂ ਨੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਅਤੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਪ੍ਰਵਾਸੀ ਮਜ਼ਦੂਰਾਂ ਵਿਰੁੱਧ ਟਿੱਪਣੀਆਂ ਕੀਤੀਆਂ। ਮੋਗਾ ਦੇ ਐਸਪੀ ਬਲਕ੍ਰਿਸ਼ਨ ਸਿੰਗਲਾ ਨੇ ਕਿਹਾ ਕਿ ਟੀਮ ਗ੍ਰਿਫਤਾਰ ਕੀਤੇ ਗਏ ਸ਼ੱਕੀਆਂ ਅਤੇ ਆਨਲਾਈਨ ਜ਼ਿੰਮੇਵਾਰੀ ਲੈਣ ਵਾਲਿਆਂ ਵਿਚਕਾਰ ਸਬੰਧਾਂ ਦੀ ਜਾਂਚ ਕਰ ਰਹੀ ਹੈ। ਸ਼ਨੀਵਾਰ ਨੂੰ ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਸਰਪੰਚ ਸਮੇਤ ਦੋ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਸੀ।


