ਜਾਤ ਆਧਾਰਿਤ ਵਿਤਕਰਾ ਅੱਜ ਵੀ ਸਮਾਜ ਵਿੱਚ ਬਰਕਰਾਰ ਹੈ ਜੋ ਕਿ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਦੇ ਬਿਲਕੁਲ ਉਲਟ ਹੈ। ਇਹ ਗੱਲ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕਹੀ ਜਿੱਥੇ ਉਨ੍ਹਾਂ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੜ੍ਹੀ ਨੇ ਕਿਹਾ ਕਿ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਮਾਨਵਤਾ ਅਤੇ ਸਰਬ-ਸਾਂਝੀਵਾਲਤਾ ‘ਤੇ ਜ਼ੋਰ ਦਿੰਦੀਆਂ ਹਨ, ਜਿਸ ਨੂੰ ਰੋਜ਼ਾਨਾ ਜੀਵਨ ਵਿੱਚ ਵੀ ਝਲਕਣਾ ਚਾਹੀਦਾ ਹੈ। ਪਰ ਬਦਕਿਸਮਤੀ ਨਾਲ ਅੱਜ ਦੇ ਸਮਾਜ ਵਿੱਚ ਜਾਤ-ਆਧਾਰਿਤ ਵਿਤਕਰਾ ਅਜੇ ਵੀ ਇੱਕ ਹਕੀਕਤ ਹੈ।ਗੜ੍ਹੀ ਨੇ ਕਿਹਾ ਕਿ ਕਮਿਸ਼ਨ ਦੇ ਚੇਅਰਮੈਨ ਵਜੋਂ ਆਪਣੀ ਹੈਸੀਅਤ ਵਿੱਚ ਉਨ੍ਹਾਂ ਨੇ ਇਸ ਸਮੱਸਿਆ ਨੂੰ ਨੇੜਿਓਂ ਦੇਖਿਆ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕਮਿਸ਼ਨ ਨੂੰ ਇਕੱਲੇ ਇਸ ਸਾਲ ਜਾਤੀ ਵਿਤਕਰੇ ਨਾਲ ਸਬੰਧਤ ਲਗਭਗ 3,750 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਰਾਬਰੀ ਦੇ ਸਿਧਾਂਤ ਤੋਂ ਸੇਧ ਲੈ ਕੇ ਕਮਿਸ਼ਨ ਜਾਤੀ ਭੇਦਭਾਵ ਨੂੰ ਖਤਮ ਕਰਨ ਲਈ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਕਦੇ ਪਿੱਛੇ ਨਹੀਂ ਹਟੇਗਾ।ਇਕ ਸਵਾਲ ਦੇ ਜਵਾਬ ਵਿੱਚ ਗੜ੍ਹੀ ਨੇ ਟਿੱਪਣੀ ਕੀਤੀ ਕਿ ਜਾਤੀਵਾਦੀ ਸੋਚ ਅਜੇ ਵੀ ਕੁਝ ਸਿਆਸੀ ਆਗੂਆਂ ਨੂੰ ਪ੍ਰਭਾਵਿਤ ਕਰਦੀ ਹੈ, ਜਿਸ ਕਾਰਨ ਗੈਰ-ਜ਼ਿੰਮੇਵਾਰ ਬਿਆਨਬਾਜ਼ੀ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਸਮਾਜ ਨੂੰ ਜਾਤ ਪਾਤ ਦੇ ਆਧਾਰ ‘ਤੇ ਵੰਡਣ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਿਆਣਪ ਦੀ ਅਰਦਾਸ ਕੀਤੀ, ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਵਿਖੇ ਗੜ੍ਹੀ ਨੂੰ ਸਨਮਾਨਿਤ ਵੀ ਕੀਤਾ ਸੀ। ਇਸ ਮੌਕੇ ਐਸ.ਡੀ.ਐਮ ਲੋਪੋਕੇ ਖੁਸ਼ਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


