ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਬੁੱਧਵਾਰ ਨੂੰ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਲਈ ਵਜ਼ੀਫੇ ਵਜੋਂ 2.28 ਕਰੋੜ ਰੁਪਏ ਜਾਰੀ ਕੀਤੇ ਹਨ। ਧਰਮ ਪ੍ਰਚਾਰ ਕਮੇਟੀ ਵੱਲੋਂ ਵਿੱਦਿਅਕ ਵਰ੍ਹੇ 2025-26 ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ।ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵਜ਼ੀਫ਼ੇ ਦੇ ਚੈੱਕ ਸੌਂਪੇ।ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਧਰਮ ਪ੍ਰਤੀ ਹਮੇਸ਼ਾ ਵਚਨਬੱਧ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਆਪਣੇ ਵਿਦਿਅਕ ਅਦਾਰਿਆਂ ਵਿੱਚ ਦਾਖਲ ਹੋਏ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਵਜ਼ੀਫ਼ਾ ਸਕੀਮ ਚਲਾਉਂਦੀ ਹੈ। ਇਸ ਸਾਲਾਨਾ ਸਕੀਮ ਤਹਿਤ ਯੋਗ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਾਲ 3,743 ਅੰਮ੍ਰਿਤਧਾਰੀ ਵਿਦਿਆਰਥੀਆਂ ਵਿੱਚ ਲਗਭਗ 2.28 ਕਰੋੜ ਰੁਪਏ ਵੰਡੇ ਜਾਣਗੇ। ਉਨ੍ਹਾਂ ਨੇ ਲਾਭਪਾਤਰੀਆਂ ਨੂੰ ਵਧਾਈ ਦਿੱਤੀ ਅਤੇ ਗੁਰਸਿੱਖ ਜੀਵਨ ਜਾਚ ਪ੍ਰਤੀ ਵਚਨਬੱਧ ਰਹਿਣ ਲਈ ਪ੍ਰੇਰਿਤ ਕੀਤਾ।


