ਪੰਜਾਬ ਸਰਕਾਰ ਵੱਲੋਂ ਟੇਲ-ਐਂਡ ਪਿੰਡਾਂ ਨੂੰ ਸਿੰਚਾਈ ਲਈ ਢੁਕਵਾਂ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੇ ਪਾਣੀ ਦੀ ਕਿੱਲਤ ਨੂੰ ਲੈ ਕੇ ਸ਼ੁੱਕਰਵਾਰ ਨੂੰ ਅਬੋਹਰ ਦੀ ਕੈਨਾਲ ਕਲੋਨੀ ਵਿਖੇ ਧਰਨਾ ਦਿੱਤਾ। ਪਿੰਡ ਗੁਮਜਾਲ ਅਤੇ ਪੰਨੀਵਾਲਾ ਮਾਹਲਾ ਦੇ ਕਿਸਾਨਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਲੋੜੀਂਦਾ ਨਹਿਰੀ ਪਾਣੀ ਨਹੀਂ ਮਿਲ ਰਿਹਾ ਕਿਉਂਕਿ ਕਥਿਤ ਤੌਰ ’ਤੇ ਮਲੂਕਪੁਰ ਮਾਈਨਰ ਨਹਿਰ ਵਿੱਚ ਲੋੜੀਂਦੀ ਮਾਤਰਾ ਨਹੀਂ ਛੱਡੀ ਜਾ ਰਹੀ ਹੈ।ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਲਿਖੇ ਪੱਤਰ ਵਿੱਚ ਕਿਸਾਨਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਣੀ ਦੀ ਨਾਕਾਫ਼ੀ ਨਾਲ ਜੂਝ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਬਾਗ ਸੁੱਕਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ।ਸੂਬਾ ਸਰਕਾਰ ‘ਤੇ ਵਰ੍ਹਦਿਆਂ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਟੇਲਾਂ ਵਾਲੇ ਪਿੰਡਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ ਪਰ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਨੂੰ ਅਬੋਹਰ ਦਾ ਦੌਰਾ ਕਰਨ ਅਤੇ ਸਥਿਤੀ ਦਾ ਜਾਇਜ਼ਾ ਲੈਣ ਦਾ ਸੱਦਾ ਦਿੱਤਾ। ਧਰਨੇ ਵਾਲੀ ਥਾਂ ‘ਤੇ ਪਹੁੰਚੇ ਐਸ.ਡੀ.ਓ (ਨਹਿਰ) ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸ਼ਨੀਵਾਰ ਤੱਕ ਟੇਲਾਂ ਵਾਲੇ ਪਿੰਡਾਂ ਨੂੰ ਲੋੜੀਂਦੀ ਮਾਤਰਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਕਰ ਦਿੱਤੀ ਜਾਵੇਗੀ।


