ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਅਤੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਨਿਗਰਾਨੀ ਹੇਠ ਮਾਰਚ ਮਹੀਨੇ ਤੋਂ ਹੁਣ ਤਕ ਜ਼ਿਲ੍ਹੇ ਦੇ 1,88,171 ਘਰਾਂ ਵਿਚ ਸਰਵੇ ਕੀਤਾ ਜਾ ਚੁਕਾ ਹੈ
Dengue Larvae Found : ਡੇਂਗੂ ਰੋਕਥਾਮ ਲਈ 1,88,171 ਘਰਾਂ ਦਾ ਸਰਵੇ, 2387 ਘਰਾਂ ’ਚ ਮਿਲਿਆ ਲਾਰਵਾ, ਜਾਣੋ ਡੇਂਗੂ ਬੁਖ਼ਾਰ ਦੇ ਲੱਛਣ
Dengue Larvae Found : ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਇਸ ਸਾਲ ਮਾਰਚ ਮਹੀਨੇ ਤੋਂ ਪੂਰੀ ਤਰ੍ਹਾਂ ਸਰਗਰਮ ਹੈ। ਇਸ ਵੇਲੇ ਸਿਹਤ ਵਿਭਾਗ ਦੀਆਂ ਕੁਲ 37 ਟੀਮਾਂ ਦੁਆਰਾ ਕੰਟੇਨਰ ਜਾਂਚ, ਸਰਵੇ ਅਤੇ ਜਾਗਰੂਕਤਾ ਮੁਹਿੰਮ ਨੂੰ ਜ਼ੋਰ-ਸ਼ੋਰ ਨਾਲ ਚਲਾਇਆ ਜਾ ਰਿਹਾ ਹੈ।
ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਅਤੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਨਿਗਰਾਨੀ ਹੇਠ ਮਾਰਚ ਮਹੀਨੇ ਤੋਂ ਹੁਣ ਤਕ ਜ਼ਿਲ੍ਹੇ ਦੇ 1,88,171 ਘਰਾਂ ਵਿਚ ਸਰਵੇ ਕੀਤਾ ਜਾ ਚੁਕਾ ਹੈ ਅਤੇ 2387 ਘਰਾਂ ਵਿਚ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 363 ਚਾਲਾਨ ਕੀਤੇ ਗਏ ਹਨ। ਇਸ ਦੌਰਾਨ 5,83,236 ਕੰਟੇਨਰਾਂ ਦੀ ਜਾਂਚ ਕੀਤੀ ਗਈ ਹੈ ਅਤੇ 2862 ਕੰਟੇਨਰਾਂ ਵਿਚ ਲਾਰਵਾ ਮਿਲਿਆ।
ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਲਾਰਵਾ ਮਿਲਣ ’ਤੇ ਸਖ਼ਤ ਚਿਤਾਵਨੀ ਦਿਤੀ ਜਾਂਦੀ ਹੈ ਅਤੇ ਜੇ ਦੂਜੀ ਵਾਰ ਲਾਰਵਾ ਮਿਲੇ ਤਾਂ ਚਾਲਾਨ ਕਟਿਆ ਜਾਂਦਾ ਹੈ। ਸਿਹਤ ਟੀਮਾਂ ਵਲੋਂ ਹਰ ਸੋਮਵਾਰ ਅਤੇ ਵੀਰਵਾਰ ਨੂੰ ਉਚ-ਜੋਖਮ ਖੇਤਰਾਂ ਵਿਚ ਵੀ ਵਿਸ਼ੇਸ਼ ਸਰਵੇ ਕੀਤਾ ਜਾ ਰਿਹਾ ਹੈ। ਡਾ. ਸੰਗੀਤਾ ਜੈਨ ਨੇ ਦੱਸਿਆ ਆਸ਼ਾ ਵਰਕਰਾਂ, ਸਿਹਤ ਵਰਕਰਾਂ, ਬਰੀਡਰ ਚੈਕਰਾਂ ਦੀਆਂ ਟੀਮਾਂ ਘਰਾਂ ਵਿਚ ਜਾ ਕੇ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਟੈਂਕੀਆਂ, ਬਕਸਿਆਂ ਅਤੇ ਹੋਰ ਸਮਾਨ ਜਿਥੇ ਪਾਣੀ ਇਕੱਠਾ ਹੋ ਸਕਦਾ ਹੈ, ਦੀ ਜਾਂਚ ਕਰ ਰਹੀਆਂ ਹਨ।
ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਇਲਾਜਯੋਗ ਬੀਮਾਰੀ ਹੈ ਅਤੇ ਡੇਂਗੂ ਹੋਣ ’ਤੇ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ। ਜੇ ਡੇਂਗੂ ਬੁਖ਼ਾਰ ਹੋਣ ਦਾ ਸ਼ੱਕ ਪੈਂਦਾ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਅਪਣੇ ਘਰ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਣ ਤਾਂ ਇਹ ਮੱਛਰ ਪੈਦਾ ਹੀ ਨਹੀਂ ਹੋਵੇਗਾ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ, ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ।
ਇਹ ਵੀ ਪੜ੍ਹੋ : SAD-BJP Alliance ? ''ਅਕਾਲੀ-ਬੀਜੇਪੀ ਗਠਜੋੜ ਸਮੇਂ ਦੀ ਲੋੜ''; ਸੁਨੀਲ ਜਾਖੜ ਨੇ ਛੇੜੀ ਚਰਚਾ, ਸੁਖਬੀਰ ਸਿੰਘ ਬਾਦਲ ਦਾ ਵੀ ਆਇਆ ਜਵਾਬ
- PTC NEWS