Shiromani Akali Dal : ਪੰਜਾਬ ਵਿਧਾਨ ਸਭਾ ਵਿਚ ਲਿਆਂਦੇ ਜਾ ਰਹੇ ਬੇਅਦਬੀ ਮਾਮਲਿਆਂ ਬਾਰੇ ਬਿੱਲ ਨੂੰ ਲੈ ਕੇ ਅੱਜ ਬਠਿੰਡਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਸੁਖਬੀਰ ਸਿੰਘ ਬਾਦਲ ਵਲੋਂ ਬੇਅਦਬੀ ਬਿੱਲਾਂ ਨੂੰ ਸਿਆਸਤ ਦਾ ਬਿੱਲ ਦੱਸਦਿਆਂ ਹੋਇਆ ਆਮ ਆਦਮੀ ਪਾਰਟੀ ਦੇ ਉੱਤੇ ਜੰਮ ਕੇ ਨਿਸ਼ਾਨੇ ਸਾਧੇ। ਇਸ ਮਾਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਅਤੇ ਕਾਂਗਰਸ ਨੇ ਹਮੇਸ਼ਾ ਬੇਅਦਬੀਆਂ 'ਤੇ ਸਿਆਸਤ ਕੀਤੀ ਹੈ
Shiromani Akali Dal : ਪੰਜਾਬ ਵਿਧਾਨ ਸਭਾ ਵਿਚ ਲਿਆਂਦੇ ਜਾ ਰਹੇ ਬੇਅਦਬੀ ਮਾਮਲਿਆਂ ਬਾਰੇ ਬਿੱਲ ਨੂੰ ਲੈ ਕੇ ਅੱਜ ਬਠਿੰਡਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਸੁਖਬੀਰ ਸਿੰਘ ਬਾਦਲ ਵਲੋਂ ਬੇਅਦਬੀ ਬਿੱਲਾਂ ਨੂੰ ਸਿਆਸਤ ਦਾ ਬਿੱਲ ਦੱਸਦਿਆਂ ਹੋਇਆ ਆਮ ਆਦਮੀ ਪਾਰਟੀ ਦੇ ਉੱਤੇ ਜੰਮ ਕੇ ਨਿਸ਼ਾਨੇ ਸਾਧੇ। ਇਸ ਮਾਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਅਤੇ ਕਾਂਗਰਸ ਨੇ ਹਮੇਸ਼ਾ ਬੇਅਦਬੀਆਂ 'ਤੇ ਸਿਆਸਤ ਕੀਤੀ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਿਛਲੇ ਦਸ ਸਾਲਾਂ ਦੌਰਾਨ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੱਜਾਂ ਦੀ ਨਿਗਰਾਨੀ ਵਿੱਚ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਬੇਅਦਬੀ ਮਾਮਲਿਆਂ ’ਚ ਵਿਰੋਧੀ ਪਾਰਟੀਆਂ ਨੇ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਦੀ ਜਾਂਚ ਪੰਜਾਬ ਸਰਕਾਰ ਕਰਨਾ ਚਾਹੁੰਦੀ ਸੀ ਪਰ ਸੀਬੀਆਈ ਤੋਂ ਜਾਂਚ ਦੀ ਮੰਗ ਉੱਠਣ ’ਤੇ ਇਹ ਮੰਗ ਮੰਨ ਲਈ ਗਈ। ਉਨ੍ਹਾਂ ਕਿਹਾ ਇਸੇ ਕਰਕੇ ਅਜੇ ਤੱਕ ਕੋਈ ਵੀ ਦੋਸ਼ੀ ਫੜਿਆ ਨਹੀਂ ਜਾ ਸਕਿਆ। ਉਨ੍ਹਾਂ ਆਖਿਆ ਕਿ ਸਾਢੇ ਤਿੰਨ ਸਾਲਾਂ ਬਾਅਦ ‘ਆਪ’ ਸਰਕਾਰ ਵੱਲੋਂ ਬੇਅਦਬੀ ਸਬੰਧੀ ਕਾਨੂੰਨ ਲਈ ਲਿਆਂਦਾ ਗਿਆ ਬਿੱਲ ਡਰਾਮੇਬਾਜ਼ੀ ਤੋਂ ਵਧ ਕੇ ਕੁੱਝ ਨਹੀਂ। ਉਨ੍ਹਾਂ ਕਿਹਾ ਕਿ ਬੇਅਦਬੀ ’ਤੇ ਸਿਆਸਤ ਹਾਲੇ ਤੱਕ ਵੀ ਬੰਦ ਨਹੀਂ ਹੋਈ, ਜਿਸ ਬਾਰੇ ਪੰਜਾਬ ਨੂੰ ਸੋਚਣ ਦੀ ਲੋੜ ਹੈ।
ਪਾਰਟੀ ਪ੍ਰਧਾਨ ਨੇ ਆਖਿਆ ਕਿ ਪੰਜਾਬ ਵਿਧਾਨ ਸਭਾ ’ਚ ਕਾਂਗਰਸੀ ਆਗੂ ਪਰਗਟ ਸਿੰਘ ਨੇ ਅਤੇ ਕਾਂਗਰਸ ਪਾਰਟੀ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸੱਚ ਬਿਆਨ ਕੀਤਾ ਹੈ। ਉਨ੍ਹਾਂ ਦੋਵਾਂ ਆਗੂਆਂ ਤੋਂ ਇਹ ਮੰਗ ਕੀਤੀ ਕਿ ਬੇਅਦਬੀ ਮਾਮਲੇ ’ਚ ਸਿਆਸਤ ਕਰਨ ਵਾਲੇ ਕਾਂਗਰਸੀ ਨੇਤਾਵਾਂ ਦੇ ਨਾਮ ਜਨਤਕ ਕੀਤੇ ਜਾਣ। ਉਨ੍ਹਾਂ ਨਾਲ ਹੀ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਟੈਂਕਾਂ, ਤੋਪਾਂ ਨਾਲ ਹਮਲਾ ਕਰਨ ਵਾਲੀ ਕਾਂਗਰਸ ਵੀ ਬੇਅਦਬੀ ਲਈ ਖੁਦ ਦੋਸ਼ੀ ਹੈ।
ਉਨ੍ਹਾਂ ਆਖਿਆ ਕਿ ਹੁਣ ਤੱਕ ਪੰਜਾਬ ਵਿੱਚ ਜਿੰਨੀਆਂ ਵੀ ਬੇਅਦਬੀਆਂ ਹੋਈਆਂ, ਜੇ ਸਾਫ਼ ਸੁਥਰੇ ਢੰਗ ਨਾਲ ਜਾਂਚ ਕਰਵਾਈ ਜਾਵੇ ਤਾਂ ਸਭ ਪਿੱਛੇ ‘ਆਪ’ ਦਾ ਹੱਥ ਨਿਕਲੇਗਾ। ਉਨ੍ਹਾਂ ਮਾਲੇਰਕੋਟਲਾ ’ਚ ਕੁਰਾਨ ਸ਼ਰੀਫ਼ ਦੀ ਬੇਅਦਬੀ ਲਈ ‘ਆਪ’ ਆਗੂ ਨਰੇਸ਼ ਯਾਦਵ ਨੂੰ ਕਥਿਤ ਦੋਸ਼ੀ ਦੱਸਦਿਆਂ ਕਿਹਾ ਕਿ ਹਰਜੋਤ ਸਿੰਘ ਬੈਂਸ ਅਤੇ ਹਰਪਾਲ ਸਿੰਘ ਚੀਮਾ ਵਕੀਲ ਵਜੋਂ ਉਸ ਨੂੰ ਬਚਾਉਣ ਲਈ ਉਸ ਦਾ ਕੇਸ ਲੜਦੇ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਅਖੀਰ ’ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਵਰਗੀ ਕੁਤਾਹੀ ਕਦੀ ਨਹੀਂ ਕੀਤੀ ਅਤੇ ਨਾ ਹੀ ਕਰਨ ਬਾਰੇ ਸੋਚ ਸਕਦਾ ਹੈ।
- PTC NEWS