ਵਾਢੀ ਦੇ ਸੀਜ਼ਨ ਤੋਂ ਪਹਿਲਾਂ ਝੋਨੇ ਦੀ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਫਰੀਦਕੋਟ ਨੇ ਝੋਨੇ ਦੀ ਫ਼ਸਲ ਦੀ ਬਿਜਾਈ ਦੇ ਸ਼ੁਰੂ ਵਿੱਚ ਹੀ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਉਣੇ ਸ਼ੁਰੂ ਕਰ ਦਿੱਤੇ ਹਨ, ਤਾਂ ਜੋ ਕਿਸਾਨ ਬਾਅਦ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ ਦੀ ਯੋਜਨਾ ਬਣਾ ਸਕਣ। ਇਸ ਪਹਿਲਕਦਮੀ ਦੇ ਤਹਿਤ, ਕੇਵੀਕੇ, ਜੋ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਧੀਨ ਕੰਮ ਕਰਦੀ ਹੈ, ਨੇ ਵੀਰਵਾਰ ਨੂੰ ਪਿੰਡ ਦਲ ਸਿੰਘ ਵਾਲਾ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ ਅਤੇ ਉਨ੍ਹਾਂ ਨੂੰ ਖੇਤੀਬਾੜੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ।ਇਕੱਠ ਨੂੰ ਸੰਬੋਧਨ ਕਰਦਿਆਂ ਡਾ: ਰਾਕੇਸ਼ ਕੁਮਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਅਭਿਆਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ, ਵਾਤਾਵਰਨ ਅਤੇ ਮਨੁੱਖੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵਿਗਿਆਨਕ ਤਰੀਕੇ ਅਪਨਾਉਣ ਅਤੇ ਖੇਤੀ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਪੂਰਤੀ ਕਰਨ ਦੀ ਅਪੀਲ ਕੀਤੀ।ਫਾਰਮ ਸਲਾਹਕਾਰ ਸੇਵਾ ਕੇਂਦਰ, ਫ਼ਰੀਦਕੋਟ ਤੋਂ ਡਾ: ਫਤਹਿਜੀਤ ਸਿੰਘ ਨੇ ਝੋਨੇ ਦੀ ਫ਼ਸਲ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਾਉਣੀ ਦੀਆਂ ਫ਼ਸਲਾਂ ਨੂੰ ਪ੍ਰਭਾਵਿਤ ਕਰਨ ਵਾਲੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਪਛਾਣ, ਰੋਕਥਾਮ ਅਤੇ ਏਕੀਕ੍ਰਿਤ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਡਾ: ਪ੍ਰਭਜੀਤ ਕੌਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਝੋਨੇ ਦੀ ਫ਼ਸਲ ਵਿੱਚ ਪਛੇਤੀ ਝੁਲਸਣ ਦੀ ਸਮੱਸਿਆ, ਇਸ ਦੇ ਕਾਰਨਾਂ ਅਤੇ ਇਸ ਦੀ ਰੋਕਥਾਮ ਲਈ ਲੋੜੀਂਦੇ ਵਿਗਿਆਨਕ ਉਪਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕੈਂਪ ਦੇ ਅੰਤ ਵਿੱਚ ਹਾਜ਼ਰ ਕਿਸਾਨਾਂ ਅਤੇ ਸਮੂਹ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੂੰ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਅਤੇ ਵਾਤਾਵਰਨ ਪੱਖੀ ਬਣਾਉਣ ਲਈ ਯੂਨੀਵਰਸਿਟੀ ਵੱਲੋਂ ਸਿਫ਼ਾਰਿਸ਼ ਕੀਤੀਆਂ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਕੀਤੀ।


