ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਡਾਕਟਰ ਗਗਨਦੀਪ ਸਿੰਘ ਵੱਲੋਂ ਕੀਤੀ ਖੁਦਕੁਸ਼ੀ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਰਗੀ ਸੁਤੰਤਰ ਏਜੰਸੀ ਨੂੰ ਸੌਂਪਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਪੰਜਾਬ ਸਰਕਾਰ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਅਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੂੰ ਨੋਟਿਸ ਜਾਰੀ ਕੀਤੇ ਹਨ। ਪਟੀਸ਼ਨ ਅਧਿਕਾਰੀ ਦੀ ਪਤਨੀ ਓਪਿੰਦਰ ਕੌਰ ਵੱਲੋਂ ਦਾਇਰ ਕੀਤੀ ਗਈ ਸੀ। ਉਸ ਨੇ ਦੋਸ਼ ਲਾਇਆ ਹੈ ਕਿ ਪੰਜਾਬ ਪੁਲੀਸ ਵੱਲੋਂ ਕੀਤੀ ਗਈ ਜਾਂਚ ਨਿਰਪੱਖ ਅਤੇ ਮੁਕੰਮਲ ਨਹੀਂ ਹੈ। ਉਸਨੇ ਆਪਣੇ ਪਤੀ ਦੀ ਮੌਤ ਦੇ ਕਾਰਨਾਂ ਦੀ ਇੱਕ ਸੁਤੰਤਰ ਏਜੰਸੀ ਦੁਆਰਾ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ ਹੈ। ਸੁਣਵਾਈ ਦੌਰਾਨ, ਜਵਾਬਦਾਤਾਵਾਂ ਦੇ ਵਕੀਲ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ। ਪਟੀਸ਼ਨ ਨੂੰ ਸਵੀਕਾਰ ਕਰਦਿਆਂ ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 16 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।


