- Home
- News in Punjabi
- ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਪਟਿਆਲਾ 'ਚ ਵਿਸ਼ੇਸ਼ ਸਮਾਗਮ, ਜਥੇਦਾਰ ਗੜਗੱਜ ਨੇ ਦਿੱਤਾ ਸੰਦੇਸ਼
Patiala News : ਜਥੇਦਾਰ ਗੜਗੱਜ ਨੇ ਕਿਹਾ, ''ਅੱਜ ਸਾਨੂੰ ਲੋੜ ਹੈ ਕਿ ਬੇਅਦਬੀ, ਖਾਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਂਗ ਸੰਵੇਦਨਸ਼ੀਲ ਮਾਮਲਿਆਂ ਲਈ ਸਭ ਤੋਂ ਸਖ਼ਤ ਕਾਨੂੰਨ ਬਣਾਇਆ ਜਾਵੇ। ਸਿੱਖ ਕੌਮ ਹਮੇਸ਼ਾ ਸਾਰੇ ਧਰਮਾਂ ਦਾ ਆਦਰ ਕਰਦੀ ਹੈ।''
ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਪਟਿਆਲਾ 'ਚ ਵਿਸ਼ੇਸ਼ ਸਮਾਗਮ, ਜਥੇਦਾਰ ਗੜਗੱਜ ਨੇ ਦਿੱਤਾ ਸੰਦੇਸ਼
Patiala News : ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ, ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ। ਇਸ ਪਾਵਨ ਮੌਕੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸ੍ਰੀਮਾਨ ਕੁਲਦੀਪ ਸਿੰਘ ਗੜਗੱਜ ਜੀ ਨੇ ਹਾਜ਼ਰੀ ਭਰੀ ਅਤੇ ਸੰਗਤ ਨੂੰ ਸੰਬੋਧਨ ਕੀਤਾ।
ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਇਹ ਸਾਡਾ ਵੱਡਾ ਸੁਭਾਗ ਹੈ ਕਿ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 300 ਸਾਲਾਂ ਸ਼ਹੀਦੀ ਸ਼ਤਾਬਦੀ ਮਨਾ ਰਹੇ ਹਾਂ। ਅਜਿਹੇ ਪਵਿੱਤਰ ਮੌਕੇ ‘ਤੇ ਦੇਸ਼-ਵਿਦੇਸ਼ ਵਿੱਚ ਵੱਸ ਰਹੀ ਗੁਰੂ ਸੰਗਤ ਨੂੰ ਚਾਹੀਦਾ ਹੈ ਕਿ ਵੱਧ ਤੋਂ ਵੱਧ ਚੜ੍ਹ ਕੇ ਆਪਣੀ ਹਾਜ਼ਰੀ ਭਰੇ ਅਤੇ ਇਨ੍ਹਾਂ ਮਹਾਨ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਤੋਂ ਪ੍ਰੇਰਣਾ ਲਵੇ।”
ਬੇਅਦਬੀ ਮਾਮਲੇ ’ਚ ਸਖ਼ਤ ਕਾਨੂੰਨ ਦੀ ਲੋੜ : ਜਥੇਦਾਰ ਗੜਗੱਜ
ਜਦੋਂ ਮੀਡੀਆ ਵੱਲੋਂ ਇਹ ਸਵਾਲ ਕੀਤਾ ਗਿਆ ਕਿ ਬੇਅਦਬੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾ ਰਿਹਾ ਹੈ, ਤਾਂ ਇਸ ਦੇ ਜਵਾਬ ਵਿੱਚ ਜਥੇਦਾਰ ਗੜਗੱਜ ਨੇ ਕਿਹਾ, “ਅੱਜ ਸਾਨੂੰ ਲੋੜ ਹੈ ਕਿ ਬੇਅਦਬੀ, ਖਾਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਂਗ ਸੰਵੇਦਨਸ਼ੀਲ ਮਾਮਲਿਆਂ ਲਈ ਸਭ ਤੋਂ ਸਖ਼ਤ ਕਾਨੂੰਨ ਬਣਾਇਆ ਜਾਵੇ। ਸਿੱਖ ਕੌਮ ਹਮੇਸ਼ਾ ਸਾਰੇ ਧਰਮਾਂ ਦਾ ਆਦਰ ਕਰਦੀ ਹੈ। ਜੇਕਰ ਕਿਸੇ ਵੀ ਧਰਮ ਦੇ ਗੁਰੂ ਦੀ ਬੇਅਦਬੀ ਕੀਤੀ ਜਾਂਦੀ ਹੈ, ਤਾਂ ਦੋਸ਼ੀ ਨੂੰ ਐਸੀ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਜੋ ਭਵਿੱਖ ਵਿੱਚ ਕਿਸੇ ਹੋਰ ਨੂੰ ਅਜਿਹਾ ਸੋਚਣ ਤੋਂ ਵੀ ਰੋਕੇ।”
ਇਸ ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਵੀ ਕੀਤਾ ਗਿਆ ਅਤੇ ਸੰਗਤ ਨੇ ਸ਼ਰਧਾ ਨਾਲ ਹਾਜ਼ਰੀ ਭਰੀ।
- PTC NEWS