ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਖੇਤਰ ਵਿੱਚ ਮਾਨਸਾ-ਸਿਰਸਾ ਰੋਡ ’ਤੇ ਪੈਂਦੇ ਪਿੰਡ ਸਰਦੂਲੇਵਾਲਾ ਨੇੜੇ ਸ਼ੁੱਕਰਵਾਰ ਦੇਰ ਰਾਤ ਇੱਕ ਟਰੱਕ ਨਾਲ ਕਾਰ ਦੀ ਟੱਕਰ ਹੋਣ ਕਾਰਨ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਇੱਕ ਕਾਰ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਜ਼ਖ਼ਮੀ ਹੋ ਗਿਆ। ਉਹ ਚੰਡੀਗੜ੍ਹ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਤਿੰਨ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਰਾਧਾ ਦੇਵੀ, ਰੀਤੂ ਬਾਲਾ, ਊਸ਼ਾ ਬਾਂਸਲ ਅਤੇ ਅਸ਼ੋਕ ਕੁਮਾਰ ਵਜੋਂ ਹੋਈ ਹੈ। ਜ਼ਖਮੀ ਕਾਰ ਚਾਲਕ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ। ਥਾਣਾ ਸਰਦੂਲਗੜ੍ਹ ਦੇ ਐੱਸਐੱਚਓ ਗਣੇਸ਼ਵਰ ਕੁਮਾਰ ਨੇ ਦੱਸਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਲਾਸ਼ਾਂ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਭੇਜ ਦਿੱਤਾ ਗਿਆ।


