ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫੋਨਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੁਲੀਸ ਨੇ ਡਿਪਟੀ ਜੇਲ੍ਹ ਸੁਪਰਡੈਂਟ ਅਤੇ ਵਾਰਡਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਵੀਡੀਓ ਵਿੱਚ ਇੱਕ ਕੈਦੀ ਵੱਲੋਂ ਲਗਾਏ ਗਏ ਨਸ਼ਾ ਤਸਕਰੀ ਦੇ ਦੋਸ਼ਾਂ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਕੈਦੀ ਮਨਪ੍ਰੀਤ ਸਿੰਘ ਮੰਨਾ ਨੇ ਹਾਲ ਹੀ ਵਿੱਚ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਜਾਰੀ ਕੀਤੀ ਸੀ, ਜਿਸ ਵਿੱਚ ਦੋਸ਼ ਲਾਇਆ ਸੀ ਕਿ ਡਿਪਟੀ ਜੇਲ੍ਹ ਸੁਪਰਡੈਂਟ ਹਰਭਜਨ ਸਿੰਘ ਨੇ ਉਸਨੂੰ ਜੇਲ੍ਹ ਵਿੱਚ ਨਸ਼ਾ ਤਸਕਰੀ ਕਰਨ ਲਈ ਮਜਬੂਰ ਕੀਤਾ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਅਤੇ ਵੀਡੀਓ ਬਣਾਉਣ ਤੋਂ ਇਨਕਾਰ ਕਰਨ ‘ਤੇ ਜੇਲ੍ਹ ਵਿੱਚ ਤਸ਼ੱਦਦ ਕੀਤਾ। ਅਧਿਕਾਰੀ ਅੰਦਰੂਨੀ ਜਾਂਚ ਸ਼ੁਰੂ ਕਰਨ ਅਤੇ ਡਿਪਟੀ ਜੇਲ ਸੁਪਰਡੈਂਟ ਦਾ ਤਬਾਦਲਾ ਕਰਨਗੇ।ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਸੰਦੀਪ ਮਲਿਕ ਨੇ ਕਿਹਾ ਕਿ ਸੋਸ਼ਲ ਮੀਡੀਆ ਪੋਸਟ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਵਿਭਾਗ ਨੇ 14 ਜੂਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਮੁੱਢਲੀ ਪੁੱਛਗਿੱਛ ਦੌਰਾਨ ਜੇਲ੍ਹ ਵਿੱਚੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਸੀ, ਜਿਸ ਤੋਂ ਬਾਅਦ ਥਾਣਾ ਸਿਟੀ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਦੋਸ਼ਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸਪੀ ਮੇਜਰ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ। ਟੀਮ ਵਿੱਚ ਡੀਐਸਪੀ ਪ੍ਰਨੀਤ ਸਿੰਘ, ਡੀਐਸਪੀ (ਸਿਟੀ) ਕੁਲਭੂਸ਼ਨ ਸਿੰਘ ਅਤੇ ਥਾਣਾ ਸਿਟੀ ਦੇ ਐਸਐਚਓ ਸ਼ਾਮਲ ਸਨ। ਪਿਛਲੇ ਤਿੰਨ ਹਫ਼ਤਿਆਂ ਵਿੱਚ, SIT ਨੇ ਡਿਜੀਟਲ ਸਬੂਤਾਂ, ਵਿੱਤੀ ਲੈਣ-ਦੇਣ ਅਤੇ ਗਵਾਹਾਂ ਦੇ ਬਿਆਨਾਂ ਦਾ ਵਿਸ਼ਲੇਸ਼ਣ ਕਰਕੇ ਇੱਕ ਵਿਆਪਕ ਜਾਂਚ ਕੀਤੀ। ਜਾਂਚ ਵਿੱਚ ਹੁਣ ਤੱਕ 12 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ ਅਤੇ ਜੇਲ੍ਹ ਅੰਦਰ ਚੱਲ ਰਹੇ ਇੱਕ ਸੰਗਠਿਤ ਨੈੱਟਵਰਕ ਵੱਲ ਇਸ਼ਾਰਾ ਕਰਦੇ ਹੋਏ ਕਈ ਲੱਖ ਰੁਪਏ ਦੇ ਵਿੱਤੀ ਲੈਣ-ਦੇਣ ਦੇ ਸਬੂਤ ਇਕੱਠੇ ਕੀਤੇ ਹਨ। ਤਫ਼ਤੀਸ਼ ਦੌਰਾਨ ਇਕੱਠੇ ਕੀਤੇ ਸਬੂਤਾਂ ਦੇ ਆਧਾਰ ‘ਤੇ ਹਰਭਜਨ ਸਿੰਘ ਅਤੇ ਜੇਲ੍ਹ ਵਾਰਡਰ ਰਵਿੰਦਰ ਸਿੰਘ ਨੂੰ ਜੇਲ੍ਹ ਅੰਦਰ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫ਼ੋਨਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।ਐਸਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਚੇਤਾਵਨੀ ਦਿੱਤੀ ਕਿ ਇਸ ਰੈਕੇਟ ਵਿੱਚ ਸ਼ਾਮਲ ਕੋਈ ਵੀ ਵਿਅਕਤੀ ਭਾਵੇਂ ਉਹ ਕਿਸੇ ਵੀ ਅਹੁਦੇ ’ਤੇ ਹੋਵੇ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਸਨੇ ਅੱਗੇ ਕਿਹਾ ਕਿ ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ ਹੈ ਕਿਉਂਕਿ ਪੁਲਿਸ ਜੇਲ੍ਹ ਦੇ ਅੰਦਰ ਗੈਰ ਕਾਨੂੰਨੀ ਗਤੀਵਿਧੀਆਂ ਦੇ ਪਿੱਛੇ ਨੈਟਵਰਕ ਦਾ ਪਰਦਾਫਾਸ਼ ਕਰਦੀ ਰਹੀ ਹੈ।


